– *ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ: ਡਾ. ਰਾਜ ਕੁਮਾਰ ਚੱਬੇਵਾਲ*
– ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਜਾ ਕੇ ਹਾਲ-ਚਾਲ ਜਾਣਿਆ
– ਕਿਹਾ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਿਰਫ 12 ਘੰਟੇ ਦੇ ਅੰਦਰ ਹੀ ਕਾਬੂ ਕਰਨਾ ਪੰਜਾਬ ਪੁਲਿਸ ਦਾ ਸ਼ਲਾਘਾਯੋਗ ਕਦਮ
– ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ‘ਚ ਬੈਠੇ ਉਸਦੇ ਆਕਾਵਾਂ ਦੇ ਨਾਪਾਕ ਨੈੱਟਵਰਕ ਦਾ ਹੋਇਆ ਪਰਦਾਫਾਸ਼ : ਲੋਕ ਸਭਾ ਮੈਂਬਰ
ਜਲੰਧਰ, 9 ਅਪ੍ਰੈਲ :
ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸੇ ਵੀ ਕੀਮਤ ‘ਤੇ ਸੂਬੇ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗੀ। ਉਹ ਅੱਜ ਜਲੰਧਰ ਵਿਖੇ ਸਾਬਕਾ ਮੰਤਰੀ ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਹੋਏ ਸਨ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਹਨਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਿਰਫ 12 ਘੰਟੇ ਦੇ ਅੰਦਰ ਹੀ ਕਾਬੂ ਕਰ ਲਿਆ ਗਿਆ ਹੈ, ਜੋ ਪੰਜਾਬ ਪੁਲਿਸ ਦਾ ਸ਼ਲਾਘਾਯੋਗ ਕਦਮ ਹੈ।
ਉਪਰੰਤ ਲੋਕ ਸਭਾ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਮਲਾਵਰਾਂ ਦੀ ਗ੍ਰਿਫਤਾਰੀ ਦੇ ਨਾਲ ਹੀ ਇਸ ਤਰ੍ਹਾਂ ਦੇ ਹਮਲੇ ਕਰਵਾਉਣ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਵਿਚ ਬੈਠੇ ਉਸਦੇ ਆਕਾਵਾਂ ਦੇ ਨਾਪਾਕ ਨੈੱਟਵਰਕ ਦਾ ਪਰਦਾਫਾਸ਼ ਵੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਪਾਕਿਸਤਾਨੀ ਆਕਾਵਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬਿਸ਼ਨੋਈ ਨੂੰ ਕਥਿਤ ਤੌਰ ‘ਤੇ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਡਾ. ਚੱਬੇਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦਾ ਚਹੁੰਮੁਖੀ ਵਿਕਾਸ ਹੋ ਰਿਹਾ ਹੈ, ਜੋ ਸ਼ਰਾਰਤੀ ਅਨਸਰਾਂ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਖਾਸ ਕਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਕਰਕੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਅੰਦਰ ਬੌਖਲਾਹਟ ਪੈਦਾ ਹੋ ਗਈ ਹੈ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਸਮਾਜ ਵਿਰੋਧੀ ਅਨਸਰਾਂ ਨੂੰ ਪੰਜਾਬ ਸਰਕਾਰ ਵਲੋਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।
——–
