ਅੰਬੇਦਕਰ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ – ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ
ਗੁਰਦਾਸਪੁਰ, 10 ਅਪ੍ਰੈਲ (ਸੋਨੂੰ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਐੱਸ.ਐੱਸ.ਐੱਮ. ਕਾਲਜ. ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਐੱਸ.ਐੱਸ.ਐੱਮ. ਕਾਲਜ. ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹਾ ਵਾਸੀ ਵੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀ ਸਮਾਜ ਤੇ ਦੇਸ਼ ਨੂੰ ਦੇਣ ਬਾਰੇ ਚਾਨਣਾ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾਕਟਰ ਭੀਮ ਰਾਓ ਦੀ ਸਖਸ਼ੀਅਤ ਬਹੁਤ ਵੱਡੀ ਹੈ ਅਤੇ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੰਬੇਦਕਰ ਜਯੰਤੀ ਸਬੰਧੀ ਸਮਾਗਮ ਦੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲੈਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਬਾਬਾ ਸਾਹਿਬ ਦੇ ਬੁੱਤ ਸਥਾਪਤ ਹਨ ਉਨ੍ਹਾਂ ਦੀ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਅੰਬੇਦਕਰ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋ ਮਾਹਨ ਯੁੱਗ ਪੁਰਸ਼ ਨੂੰ ਆਪਣਾ ਸਤਿਕਾਰ ਭੇਟ ਕਰਨ।