ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 15 ਹੋਰ ਸਰਕਾਰੀ ਸਕੂਲਾਂ ’ਚ 85.66 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ : ਬਲਕਾਰ ਸਿੰਘ
ਜਲੰਧਰ, 6 ਮਈ :(ਮਨਦੀਪ ਕੌਰ) ਪੰਜਾਬ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 15 ਹੋਰ ਸਰਕਾਰੀ ਸਕੂਲਾਂ ਵਿੱਚ 85.66 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 31.02 ਲੱਖ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚਲੇ 54.64 ਲੱਖ ਦੇ ਵਿਕਾਸ ਕੰਮ ਸ਼ਾਮਲ ਹਨ।
ਇਸ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਮੰਗਲਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟੀ ਵਿਖੇ 11 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਵਿਖੇ 3.30 ਲੱਖ ਸਮੇਤ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਕੁੱਲ 15.10 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟੀ ਵਿਖੇ ਇੰਟੇਗ੍ਰੇਟਿਡ ਸਾਇੰਸ ਲੈਬ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਸਕੂਲ ਵਿੱਚ ਅਤਿ-ਆਧੁਨਿਕ ਸਾਇੰਸ ਲੈਬੋਰੇਟਰੀ ਦੇ ਬਣਨ ਨਾਲ ਵਿਦਿਆਰਥੀ ਵਿਗਿਆਨ ਵਿਸ਼ੇ ਦੀ ਪੜ੍ਹਾਈ ਹੋਰ ਵੀ ਰੁਚੀ ਨਾਲ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਕੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਕੇ ਰੱਖ ਦਿੱਤੀ ਹੈ। ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਾਇੰਸ ਲੈਬ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮਜ਼, ਵਧੀਆ ਫਰਨੀਚਰ, ਖੇਡਾਂ ਦਾ ਸਾਮਾਨ, ਇੰਟਰੈਕਟਿਵ ਪੈਨਲ ਆਦਿ ਸਹੂਲਤਾਂ ਨਾਲ ਲੈਸ ਹਨ, ਜਿਸ ਕਰਕੇ ਮਾਪਿਆਂ ਦੀ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵੱਲ ਦਿਲਚਸਪੀ ਵਧੀ ਹੈ।
ਵਿਧਾਇਕ ਬਲਕਾਰ ਸਿੰਘ ਨੇ ਇਸ ਮੌਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਵਰਦੀਆਂ, ਕਿਤਾਬਾਂ, ਮਿੱਡ-ਡੇ ਮੀਲ ਸਮੇਤ ਹੋਰ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ 6 ਸਰਕਾਰੀ ਸਕੂਲਾਂ ਵਿੱਚ 30.52 ਲੱਖ, ਆਦਮਪੁਰ ਦੇ 4 ਸਰਕਾਰੀ ਸਕੂਲਾਂ ਵਿੱਚ 7.04 ਲੱਖ ਅਤੇ ਜਲੰਧਰ ਛਾਉਣੀ ਦੇ ਇਕ ਸਕੂਲ ਵਿੱਚ 5.95 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਸਮੇਤ ਜ਼ਿਲ੍ਹੇ ਦੇ ਹੋਰ ਸਕੂਲਾਂ ਵਿੱਚ ਵੀ ਆਧੁਨਿਕ ਸਹੂਲਤਾਂ ਦੇ ਲੋਕ ਅਰਪਣ ਕੀਤੇ ਗਏ।