ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਡੱਡਵਾਂ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ
ਛੇਤੀ ਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ : ਜਗਰੂਪ ਸਿੰਘ ਸੇਖਵਾ
ਧਾਰੀਵਾਲ/ਗੁਰਦਾਸਪੁਰ, 17 ਮਈ (ਸੋਨੂੰ ,ਰਵਿੰਦਰ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਡੱਡਵਾਂ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਬੀਤੇ ਕੱਲ੍ਹ ਤੋਂ ਰਾਜ ਭਰ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਇਸ ਵਿੱਚ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ `ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਹਨਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਾਥ ਦੇਣ ਦੀ ਸਹੁੰ ਵੀ ਚੁਕਾਈ। ਇਸ ਤੋਂ ਬਾਅਦ ਚੇਅਰਮੈਨ ਸੇਖਵਾਂ ਪਿੰਡ ਕੰਗ ਤੇ ਬੱਲ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਡੱਡਵਾਂ ਦੀ ਪੰਚਾਇਤ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।