ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ – ਸ਼ਮਸ਼ੇਰ ਸਿੰਘ

पंजाब

ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ – ਸ਼ਮਸ਼ੇਰ ਸਿੰਘ
ਦੀਨਾਨਗਰ, (ਸੋਨੂੰ ਸਮਿਆਲ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਅੱਜ ਸ਼ਹੀਦ ਮਨਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਦੀਨਾਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪ੍ਰਿੰਸੀਪਲ ਜਸਕਰਨਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਮਾਰਟ ਕਲਾਸ ਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਾਂ, ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ 12 ਫ਼ੀਸਦੀ ਵਾਧਾ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਰ੍ਹੇ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈੱਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸ਼ਮਸੇਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ, ਜਿਸ ਨੂੰ ਸੂਬਾ ਸਰਕਾਰ ਵੱਲੋਂ ਮੁੜ ਲੀਹਾਂ ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਨੇਕ ਚੰਦ ਨੇ ਨਿਭਾਈ। ਇਸ ਮੌਕੇ ਤੇ ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਧਿਆਨ ਸਿੰਘ ਸ਼ਾਹਸਿਕੰਦਰ, ਸਿੱਖਿਆ ਕਮੇਟੀ ਕੋਆਡੀਨੇਟਰ ਪ੍ਰਿੰਸੀਪਲ ਸੁਖਦੇਵ ਰਾਜ, ਵਾਈਸ ਕੋਆਡੀਨੇਟਰ ਰਿਟਾ. ਬੀਪੀਈਓ ਮਹਿੰਦਰ ਪਾਲ, ਕਮੇਟੀ ਮੈਂਬਰ ਕਾਜਲ ਪੱਖੋਵਾਲ, ਕਮੇਟੀ ਮੈਂਬਰ ਪ੍ਰਿੰਸੀਪਲ ਸੰਸਾਰ ਸਿੰਘ, ਸਰਪੰਚ ਵਿੱਕੀ ਮਿਆਣੀ, ਵਾਰਡ ਪ੍ਰਧਾਨ ਸੰਜੀਵ ਕੁਮਾਰ ਅਤੇ ਵਾਰਡ ਪ੍ਰਧਾਨ ਦੀਪਕ ਕੁਮਾਰ ਵੀ ਮੌਜੂਦ ਸਨ।
ਫੋਟੋ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀਨਾਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਹਲਕਾ ਇੰਚਾਰਜ ਸ਼ਮਸੇਰ ਸਿੰਘ, ਨਾਲ ਹਨ ਪ੍ਰਿੰਸੀਪਲ ਜਸਕਰਨਜੀਤ ਸਿੰਘ ਕਾਹਲੋਂ ਤੇ ਹੋਰ।

Leave a Reply

Your email address will not be published. Required fields are marked *