ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸ਼ਰੀਫ਼ ਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਕੀਤੀ ਸ਼ਮੂਲੀਅਤ
ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਲੋਕ : ਚੇਅਰਮੈਨ ਸੇਖਵਾਂ
ਗੁਰਦਾਸਪੁਰ, 19 ਮਈ (ਸੋਨੂੰ ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖ਼ਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ ਮੁਹਾਰੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਰਹੇ ਹਨ।
ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਸ਼ਾਮ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਚੱਕ ਸ਼ਰੀਫ਼ ਅਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੁੰਦਿਆਂ ਕੀਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਫ਼ੈਸਲਾਕੁਨ ਲੜਾਈ ਅਰੰਭੀ ਗਈ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕਿਸੇ ਵੀ ਸੂਰਤ ਵਿੱਚ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।