ਨਸ਼ਾ ਮੁਕਤੀ ਯਾਤਰਾ ਮੁਹਿੰਮ ਸੂਬੇ ਵਿਚੋਂ ਨਸ਼ੇ ਨੂੰ ਕਰੇਗੀ ਜੜ੍ਹੋਂ ਖ਼ਤਮ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾ ਨੂੰ ਮਿਲ ਰਿਹਾ ਪੂਰਾ ਸਮਰਥਨ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਿੰਡ ਢਿਲਵਾਂ, ਕੋਟਲੀ ਸੂਰਤ ਮੱਲ੍ਹੀ ਅਤੇ ਰਾਏਚੱਕ ਵਿੱਚ ਪਹੁੰਚੀ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਮਈ (ਸੋਨੂੰ ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਨਸ਼ਾ ਮੁਕਤੀ ਯਾਤਰਾ ਪੂਰੇ ਉਤਸ਼ਾਹ ਨਾਲ ਚੱਲ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਲਹਿਰ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਹਲਕੇ ਦੇ ਪਿੰਡ ਢਿਲਵਾਂ, ਕੋਟਲੀ ਸੂਰਤ ਮੱਲ੍ਹੀ ਅਤੇ ਰਾਏਚੱਕ ਵਿੱਚ ਪਹੁੰਚੀ ਜਿਸ ਦੀ ਅਗਵਾਈ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ।
ਪਿੰਡ ਢਿਲਵਾਂ, ਕੋਟਲੀ ਸੂਰਤ ਮੱਲ੍ਹੀ ਅਤੇ ਰਾਏਚੱਕ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਨਤਕ ਸਭਾਵਾਂ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਦ੍ਰਿੜ੍ਹਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਉਹ ਇੱਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜ਼ਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰੇਗੀ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਚੁਗ ਰਹੀ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਨਸ਼ੇ ਰੋਕਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫ਼ਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਇਸ ਮੌਕੇ ਸ. ਗੁਰਦੀਪ ਸਿੰਘ ਰੰਧਾਵਾ ਨੇ ਜਨ ਸਭਾਵਾਂ ਵਿੱਚ ਹਾਜ਼ਰ ਵਿਅਕਤੀਆਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।
ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਸ. ਜੋਗਾ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ, ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ, ਇਹਨਾਂ ਪਿੰਡਾਂ ਦੇ ਪੰਚ ਸਰਪੰਚ, ਨੌਜਵਾਨ ਅਤੇ ਮੁਹਤਬਰ ਹਾਜ਼ਰ ਸਨ।