ਪੰਜਾਬ ਸਰਕਾਰ ਵਲੋਂ ਪਿੰਡ-ਪਿੰਡ ਗੁਰੂ ਜੀ ਦੀਆਂ ਸਿਖਿਆਵਾਂ ’ਤੇ ਆਧਾਰਤ ਦਸਤਾਵੇਜ਼ੀ ਦਿਖਾਈ ਜਾਵੇਗੀ : ਡਾ. ਇਸ਼ਾਂਕ ਕੁਮਾਰ

पंजाब ਪੰਜਾਬ

ਮਨਦੀਪ ਕੌਰ

ਹੁਸ਼ਿਆਰਪੁਰ, 7 ਜੁਲਾਈ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਦੇ ਪਿੰਡਾਂ ਵਿਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਤ ਡਾਕੂਮੈਂਟਰੀ ਦਿਖਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਰਵਾਨਾ ਕੀਤੀਆਂ ਵੈਨਾਂ ਜ਼ਿਲ੍ਹੇ ਵਿਚ ਪਹੁੱਚਣ ’ਤੇ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡਾਂ ਲਈ ਵੈਨ ਨੂੰ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੈਨ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੱਖ-ਵੱਖ ਧਾਰਮਿਕ ਸਮਾਗਮ ਉਲੀਕੇ ਜਾ ਰਹੇ ਹਨ ਤਾਂ ਜੋ ਗੁਰੂ ਜੀ ਦੀ ਜੀਵਨੀ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੈਨ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਹਰੇਕ ਪਿੰਡ ਵਿਚ ਜਾ ਕੇ ਗੁਰੂ ਜੀ ਦੇ ਜੀਵਨ ’ਤੇ ਆਧਾਰਤ ਡਾਕੂਮੈਂਟਰੀ ਦਿਖਾਵੇਗੀ। ਉਨ੍ਹਾਂ ਦੱਸਿਆ ਕਿ ਵੈਨ ਵਲੋਂ ਰੋਜ਼ਾਨਾ ਦੋ ਪਿੰਡਾਂ ਵਿਚ ਡਾਕੂਮੈਂਟਰੀ ਦਿਖਾਈ ਜਾਵੇਗੀ ਜਿਸ ਦੀ ਸ਼ੁਰੂਆਤ ਹਲਕੇ ਦੇ ਪਿੰਡਾਂ ਸਾਹਰੀ ਅਤੇ ਕਾਹਰੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ, ਆਪਸੀ ਸਾਂਝ, ਭਾਈਚਾਰਕ ਏਕਤਾ ਅਤੇ ਸਮਾਜਿਕ ਬਰਾਬਰਤਾ ਦਾ ਸੰਦੇਸ਼ ਦਿੱਤਾ ਜਿਸ ਦੀ ਅਜੋਕੇ ਯੁੱਗ ਵਿਚ ਵੀ ਖਾਸ ਮਹੱਤਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਸੰਦੇਸ਼ ’ਤੇ ਪਹਿਰਾ ਦੇਣਾ ਚਾਹੀਦਾ ਹੈ।

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਹਰ ਪਿੰਡ ਵਿਚ ਪਹੁੰਚਣ ਵਾਲੀਆਂ ਇਨ੍ਹਾਂ ਵੈਨਾਂ ’ਤੇ 12 ਫੁੱਟ 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ ਜਿਸ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਸੰਖੇਪ ਰੂਪ ਵਿਚ ਪ੍ਰਭਾਵਸ਼ਾਲੀ ਅਤੇ ਅਰਥਭਰਪੂਰ ਢੰਗ ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਏਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਮਹਾਨ ਗੁਰੂਆਂ, ਰਹਿਬਰਾਂ ਅਤੇ ਸੰਤਾਂ-ਮਹਾਂਪੁਰਸ਼ਾਂ ਦੀਆਂ ਸਿਖਿਆਵਾਂ ’ਤੇ ਚੱਲਦਿਆਂ ਸਮਾਜ ਵਿਚ ਭਾਈਚਾਰਕ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਭਨਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਲਗਾਤਾਰ ਜਾਰੀ ਹੈ ਜਿਸ ਤਹਿਤ 50 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਰੋਜ਼ਾਨਾ ਤੀਰਥ ਯਾਤਰਾ ਵਾਲੀਆਂ ਬੱਸਾਂ ਸੈਂਕੜੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾ ਰਹੀਆਂ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਸੁਮਿਤ ਮੁਧ ਆਦਿ ਵੀ ਮੌਜੂਦ ਸਨ

Leave a Reply

Your email address will not be published. Required fields are marked *