ਹੁਸ਼ਿਆਰਪੁਰ,ਜੋਲੀ 19 ਜੁਲਾਈ: ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ ਤਹਿਤ ਜ਼ਿਲੇ ਦੇ ਸਾਰੇ ਸਟੇਸ਼ਨਾਂ ‘ਤੇ ਕੈਂਪਾਂ ਵਿੱਚ ਵੋਟਰਾਂ ਦੀ ਭਾਰੀ ਸ਼ਮੂਲੀਅਤ ਨਾਲ ਸਫ਼ਲਤਾਪੂਰਵਕ ਸਮਾਪਤੀ ਹੋਈ।
ਕੈਂਪ ਦੌਰਾਨ ਵੋਟਰ ਆਪਣੇ ਗਿਣਤੀ ਫਾਰਮ ਜਮ੍ਹਾਂ ਕਰਵਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਆਪਣੀ ਵੋਟ ਬਣਾਉਣ ਨੂੰ ਯਕੀਨੀ ਬਣਾਇਆ । ਜ਼ਿਲੇ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਬੂਥ ਲੈਵਲ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੋਟਰਾਂ ਨੇ ਆਪਣੀਆਂ ਵੋਟਾਂ ਲਈ ਗਿਣਤੀ ਫਾਰਮ ਜਮਾਂ ਕਰਵਾਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਵਿਚ ਗਿਣਤੀ ਫਾਰਮਾਂ ਦੀ ਪ੍ਰਾਪਤੀ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਲਾਏ ਗਏ। ਉਨ੍ਹਾ ਦੱਸਿਆ ਕਿ ਕੈਂਪਾਂ ਦੌਰਾਨ ਜ਼ਿਲੇ ‘ਚ ਕੁੱਲ 13329 ਗਿਣਤੀ ਫਾਰਮ ਪ੍ਰਾਪਤ ਹੋਏ ਜਿਨ੍ਹਾਂ ਦੀ ਚੋਣ ਅਮਲੇ ਵੱਲੋਂ ਡਿਜੀਟਾਈਜੇਸ਼ਨ ਨੂੰ ਮੁਕੰਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਰਹੇ ਅਤੇ ਵੋਟਰਾਂ ਨੂੰ ਫਾਰਮ ਭਰਨ, ਜਮ੍ਹਾਂ ਕਰਵਾਉਣ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਇਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਫਾਰਮ ਇਕੱਠੇ ਹੋ ਚੁੱਕੇ ਸਨ ਪਰ ਡਿਜੀਟਾਈਜ਼ੇਸ਼ਨ ਬਾਕੀ ਸੀ, ਉੱਥੇ ਫਾਰਮਾਂ ਦੇ ਡਿਜੀਟਾਈਜ਼ੇਸ਼ਨ ਨੂੰ ਤਰਜੀਹ ਦਿੱਤੀ ਗਈ ਅਤੇ ਨਾਲ ਹੀ ਬਾਕੀ ਰਹਿੰਦੇ ਫਾਰਮ ਵੀ ਇਕੱਠੇ ਕੀਤੇ ਗਏ। ਇਸੇ ਤਰ੍ਹਾਂ ਜਿਨ੍ਹਾਂ ਪੋਲਿੰਗ ਸਟੇਸ਼ਨਾਂ ‘ਤੇ ਘੱਟ ਗਿਣਤੀ ਵਿੱਚ ਫਾਰਮ ਪ੍ਰਾਪਤ ਹੋਏ ਸਨ, ਉੱਥੇ ਬੀ.ਐਲ.ਓਜ਼ ਵੱਲੋਂ ਫਾਰਮਾਂ ਦੀ ਪ੍ਰਾਪਤੀ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਇੱਕੋ ਸਮੇਂ ਕੀਤਾ ਗਿਆ ਤਾਂ ਜੋ ਸਮੁੱਚੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਕੈਂਪਾਂ ਦੇ ਸੁਚਾਰੂ ਸੰਚਾਲਨ ਲਈ ਸਬੰਧਤ ਸਕੂਲਾਂ ਦੇ ਸਟਾਫ਼, ਮਾਲ ਵਿਭਾਗ ਦੇ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਏ.ਐਲ.ਐਮ.ਟੀ./ਡੀ.ਐਲ.ਐਮ.ਟੀ. ਕਰਮਚਾਰੀਆਂ ਨੇ ਵੀ ਬੀ.ਐਲ.ਓਜ਼ ਦੇ ਨਾਲ ਮਿਲ ਕੇ ਡਿਊਟੀ ਨਿਭਾਈ। ਉਨ੍ਹਾਂ ਵੱਲੋਂ ਵੋਟਰਾਂ ਨੂੰ ਗਿਣਤੀ ਫਾਰਮ ਸਹੀ ਢੰਗ ਨਾਲ ਭਰਨ ਅਤੇ ਉਨ੍ਹਾਂ ਦੇ ਤੁਰੰਤ ਡਿਜੀਟਾਈਜ਼ੇਸ਼ਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਹੀ, ਅਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

