ਢੋਲਵਾਹਾ ਤੋਂ ਬਹੇੜਾ ਤੱਕ ਚੱਲ ਰਹੇ ਸੜਕ ਦੇ ਨਿਰਮਾਣ ਕਾਰਜ ਦਾ ਮੰਤਰੀ ਰਵਜੋਤ ਸਿੰਘ ਨੇ ਲਿਆ ਜਾਇਜ਼ਾ
ਸ਼ਾਮਚੁਰਾਸੀ/ਹੁਸ਼ਿਆਰਪੁਰ, 23 ਸਿਤੰਬਰ-ਸੋਨੂੰ ਸਮੇਆਲ
ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਪੈਂਦੇ ਪਿੰਡ ਢੋਲਵਾਹਾ ਤੋਂ ਪਿੰਡ ਬਹੇੜਾ ਤੱਕ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਲਿਆ ਗਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਬੰਧਤ ਅਧਿਕਾਰੀਆਂ ਅਤੇ ਨਿਰਮਾਣ ਏਜੰਸੀ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸੜਕ ਦਾ ਕੰਮ ਨਿਰਧਾਰਤ ਮਾਪਦੰਡਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੀਆਂ ਸੜਕਾਂ ਨਾ ਸਿਰਫ਼ ਪਿੰਡਾਂ ਨੂੰ ਆਪਸ ਵਿੱਚ ਜੋੜਦੀਆਂ ਹਨ, ਸਗੋਂ ਵਿਦਿਆਰਥੀਆਂ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਵੀ ਸੁਖਾਲਾ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਢੋਲਵਾਹਾ ਤੋਂ ਬਹੇੜਾ ਤੱਕ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਲੰਬੇ ਸਮੇਂ ਤੋਂ ਆ ਰਹੀ ਮੁਸ਼ਕਲ ਤੋਂ ਰਾਹਤ ਮਿਲੇਗੀ ਅਤੇ ਆਵਾਜਾਈ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੰਮ ਦੌਰਾਨ ਨਿਰਧਾਰਤ ਗੁਣਵੱਤਾ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਨਿਰਮਾਣ ਕਾਰਜ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ।

