ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ਜ਼ਿਲ੍ਹੇ ‘ਚ ਵਿਆਪਕ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾਣਗੀਆਂ: ਰਾਕੇਸ਼ ਕੁਮਾਰ ਮੀਣਾ ਏ.ਡੀ.ਸੀ. ਨੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

पंजाब

ਹੁਸ਼ਿਆਰਪੁਰ, 1 ਅਕਤੂਬਰ: ਹਰਵਿੰਦਰ ਸਿੰਘ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਟਲ ਵਯੋ ਅਭਿਉਦਯ ਯੋਜਨਾ ਅਧੀਨ ਜ਼ਿਲ੍ਹੇ ਵਿੱਚ ਸੀਨੀਅਰ ਨਾਗਰਿਕਾਂ ਦੀ ਭਲਾਈ, ਸਿਹਤ ਸੰਭਾਲ, ਆਰਥਿਕ ਸਸ਼ਕਤੀਕਰਨ ਅਤੇ ਜਾਗਰੂਕਤਾ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸਬੰਧੀ ਰੂਪ-ਰੇਖਾ ਤਿਆਰ ਕਰਨ ਲਈ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਾਰਜਕਾਰੀ ਏਜੰਸੀਆਂ ਦੇ ਨੁਮਾਇੰਦੇ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।
ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਨਾਗਰਿਕਾਂ ਨੂੰ ਬਿਹਤਰ ਸਿਹਤ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਵੱਖ-ਵੱਖ ਆਰਥਿਕ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਲਗਾਏ ਜਾਣ ਵਾਲੇ ਸਿਹਤ ਕੈਂਪਾਂ ਦੌਰਾਨ ਸੀਨੀਅਰ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਲਈ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਜਾਂਚ ਤੋਂ ਬਾਅਦ ਯੋਗ ਸੀਨੀਅਰ ਨਾਗਰਿਕਾਂ ਦੀ ਸਰਜਰੀ ਕਰਵਾਈ ਜਾਵੇਗੀ ਅਤੇ ਆਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੋਣ ਵਾਲੇ ਲੋੜੀਂਦੇ ਖਰਚੇ ਸਰਕਾਰ ਵੱਲੋਂ ਕੀਤੇ ਜਾਣਗੇ।
ਇਸ ਤੋਂ ਇਲਾਵਾ ਆਯੂਸ਼ ਵਿਭਾਗ ਦੇ ਸਹਿਯੋਗ ਨਾਲ ਸੀਨੀਅਰ ਨਾਗਰਿਕਾਂ ਲਈ ਯੋਗਾ ਕੈਂਪ ਲਗਾਏ ਜਾਣਗੇ। ਸੀਨੀਅਰ ਨਾਗਰਿਕਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਦੀ ਰਚਨਾਤਮਕ ਸਮਰੱਥਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦੀ ਸਿਖਲਾਈ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਲਈ ਬਿਰਧ ਆਸ਼ਰਮਾਂ, ਪੰਚਾਇਤ ਭਵਨਾਂ, ਕਮਿਊਨਿਟੀ ਸੈਂਟਰਾਂ ਅਤੇ ਹੋਰ ਢੁਕਵੀਆਂ ਜਨਤਕ ਥਾਵਾਂ ’ਤੇ ਸਿਖਲਾਈ ਦਾ ਪ੍ਰਬੰਧ ਕੀਤਾ ਜਾਵੇਗਾ।
ਮੀਟਿੰਗ ਵਿੱਚ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਪਲਬਧ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਸੀਨੀਅਰ ਨਾਗਰਿਕਾਂ ਨੂੰ ਡਿਜੀਟਲ ਤਕਨੀਕ ਦੀ ਸੁਰੱਖਿਅਤ ਵਰਤੋਂ ਅਤੇ ਵਿੱਤੀ ਲੈਣ-ਦੇਣ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕਰਨ ਲਈ ਡਿਜੀਟਲ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਕਰਵਾਉਣ ਬਾਰੇ ਵੀ ਚਰਚਾ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਨੇ ਕਿਹਾ ਕਿ ਸੀਨੀਅਰ ਨਾਗਰਿਕ ਸਮਾਜ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਉਨ੍ਹਾਂ ਦੇ ਸਨਮਾਨਜਨਕ ਅਤੇ ਸਿਹਤਮੰਦ ਜੀਵਨ ਨੂੰ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾ ਤਹਿਤ ਨਿਰਧਾਰਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀਆਂ ਨੂੰ ਬਲਾਕ ਪੱਧਰ ’ਤੇ ਸੀਨੀਅਰ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਸਬੰਧੀ ਲਗਾਏ ਜਾਣ ਵਾਲੇ ਕੈਂਪਾਂ ਦੀ ਵਿਸਥਾਰਪੂਰਵਕ ਯੋਜਨਾ ਅਤੇ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਅਤੇ ਸੈਕੰਡਰੀ), ਸਿਵਲ ਸਰਜਨ ਦਫ਼ਤਰ ਦੇ ਅਧਿਕਾਰੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਐਲ.ਡੀ.ਐਮ., ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *