ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਚੇਅਰਮੈਨ ਪੁਸ਼ਪਿੰਦਰ ਸ਼ਰਮਾ

पंजाब

ਧੂਰੀ, 29 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਵੱਲੋਂ ਸ਼ਹਿਰ ਦੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਬਾਜ਼ਾਰਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਲਈ ਅਹਿਮ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਧੂਰੀ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਅਤੇ ਸੜਕਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸ਼ਹਿਰ ਦੇ ਸਾਰੇ 21 ਵਾਰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ ਵੀ ਉਲੀਕੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਵਪਾਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਤੇ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ ਅਤੇ ਸਟਰੀਟ ਲਾਈਟਾਂ ਲੱਗਣ ਨਾਲ ਸ਼ਹਿਰ ਵਿੱਚ ਰਾਤ ਸਮੇਂ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਵੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਮਲੇਰਕੋਟਲਾ ਰੋਡ ਮਾਰਕੀਟ (ਵਾਰਡ ਨੰਬਰ 03), ਧੂਰੀ-ਸੰਗਰੂਰ ਰੋਡ ਮਾਰਕੀਟ (ਵਾਰਡ ਨੰਬਰ 14), ਧੂਰੀ-ਕੱਕੜਵਾਲ ਰੋਡ ਮਾਰਕੀਟ (ਵਾਰਡ ਨੰਬਰ 11 ਅਤੇ 12), ਧੂਰੀ-ਭਲਵਾਨ ਰੋਡ ਮਾਰਕੀਟ (ਵਾਰਡ ਨੰਬਰ 04), ਧੂਰੀ-ਬਾਗੜੀਆਂ ਰੋਡ ਮਾਰਕੀਟ (ਵਾਰਡ ਨੰਬਰ 21), ਧੂਰੀ ਸਦਰ ਬਾਜ਼ਾਰ (ਵਾਰਡ ਨੰਬਰ 06), ਧੂਰੀ ਬੱਸ ਸਟੈਂਡ ਰੋਡ ਮਾਰਕੀਟ (ਵਾਰਡ ਨੰਬਰ 13) ਅਤੇ ਧੂਰੀ ਰਾਮਗੜ੍ਹੀਆ ਗੁਰਦੁਆਰਾ ਰੋਡ ਮਾਰਕੀਟ (ਵਾਰਡ ਨੰਬਰ 14) ਵਿਖੇ ਲਗਾਏ ਜਾਣਗੇ। ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕਰਨਾ ਵੀ ਸਰਕਾਰ ਦੀ ਤਰਜੀਹ ਹੈ। ਸਾਰੇ 21 ਵਾਰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਨਾਲ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਰੌਸ਼ਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਆਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਧੂਰੀ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ।

Leave a Reply

Your email address will not be published. Required fields are marked *