ਸੰਗਰੂਰ, 5 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਆਈ.ਏ.ਐੱਸ., ਦੀਆਂ ਹਦਾਇਤਾਂ ਮੁਤਾਬਕ ਸਮੀਖਿਆ ਮੀਟਿੰਗ ਹੋਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸਮਤ ਵਿਜੈ ਸਿੰਘ, ਪੀ.ਸੀ.ਐੱਸ., ਸੈਂਸਸ ਚਾਰਜ ਅਫ਼ਸਰਾਂ ਅਤੇ ਉਨ੍ਹਾਂ ਦੀਆਂ ਸਬੰਧਤ ਟੀਮਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਮਨੁੱਖੀ ਸਰੋਤਾਂ ਦੀ ਤਾਇਨਾਤੀ, ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ, ਗਣਨਾ ਬਲਾਕਾਂ ਦੀ ਬਣਤਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਸੈਂਸਸ ਚਾਰਜ ਅਧੀਨ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ ਅਤੇ ਜਿੱਥੇ ਵੀ ਕਿਸੇ ਪੱਧਰ ’ਤੇ ਕੋਈ ਕਮੀ ਜਾਂ ਮੁਸ਼ਕਲ ਸਾਹਮਣੇ ਆਉਂਦੀ ਹੈ, ਉਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਜਨਗਣਨਾ ਦੇ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ੀਲਡ ਪੱਧਰ ’ਤੇ ਤਾਇਨਾਤ ਅਮਲੇ ਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਲੋੜ ਅਨੁਸਾਰ ਉਨ੍ਹਾਂ ਦੇ ਸ਼ੰਕਿਆਂ ਦਾ ਨਿਪਟਾਰਾ ਕਰਨ ਲਈ ਆਖਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ 16 ਨਵੰਬਰ ਤੋਂ 30 ਨਵੰਬਰ, 2026 ਤੱਕ ਚੱਲਣ ਵਾਲੀ ਸਵੈ-ਗਣਨਾ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਮੇਂ, ਉਦੇਸ਼ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਆਮ ਲੋਕਾਂ ਤੱਕ ਸਰਲ ਅਤੇ ਸਪੱਸ਼ਟ ਭਾਸ਼ਾ ਵਿੱਚ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਹਿੱਸਾ ਲੈ ਸਕਣ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿਆਪਕ ਪ੍ਰਚਾਰ ਲਈ ਉਪਲਬਧ ਸੰਚਾਰ ਸਾਧਨਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ। ਲੋਕ ਜਾਗਰੂਕਤਾ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੁਹਿੰਮ ਬਾਰੇ ਜਾਣਕਾਰੀ ਹਰ ਵਰਗ ਤੱਕ ਪਹੁੰਚੇ। ਉਹਨਾਂ ਨੇ ਕਿਹਾ ਕਿ ਜਨਗਣਨਾ ਦੀ ਸਫ਼ਲਤਾ ਲਈ ਪ੍ਰਸ਼ਾਸਨਿਕ ਤਿਆਰੀਆਂ ਦੇ ਨਾਲ-ਨਾਲ ਲੋਕਾਂ ਦਾ ਸਰਗਰਮ ਸਹਿਯੋਗ ਵੀ ਅਹਿਮ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਸਹੀ ਤੇ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਉਣ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਸੈਂਸਸ ਚਾਰਜ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਟੀਮਾਂ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਅਤੇ ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਹਰੇਕ ਪੱਧਰ ’ਤੇ ਸਪੱਸ਼ਟ ਜ਼ਿੰਮੇਵਾਰੀ, ਸਮੇਂ ਸਿਰ ਕਾਰਵਾਈ ਅਤੇ ਆਪਸੀ ਤਾਲਮੇਲ ਰਾਹੀਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇ।
ਇਸ ਮੌਕੇ ਡੀ.ਸੀ.ਓ. ਪੰਜਾਬ ਦਫ਼ਤਰ ਤੋਂ ਜ਼ਿਲ੍ਹਾ ਕੋਆਰਡੀਨੇਟਰ ਸੰਗਰੂਰ ਵਿਵੇਕ ਸਿੰਘ ਅਤੇ ਜ਼ਿਲ੍ਹਾ ਸੈਂਸਸ ਸੈੱਲ ਦੀ ਟੀਮ ਵੀ ਮੌਜੂਦ ਸੀ।

