ਮੂਨਕ, ਅਨਦਾਣਾ ਬਲਾਕ ਦੇ ਪਿੰਡਾਂ ਅਤੇ ਖਨੌਰੀ ਸ਼ਹਿਰ ਦੀਆਂ 31 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ: ਬਰਿੰਦਰ ਕੁਮਾਰ ਗੋਇਲ

पंजाब

ਲਹਿਰਾਗਾਗਾ, 13 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ):
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੂਨਕ, ਅਨਦਾਣਾ ਬਲਾਕ ਦੇ ਪਿੰਡਾਂ ਅਤੇ ਖਨੌਰੀ ਸ਼ਹਿਰ ਦੀਆਂ 31 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਔਰਤਾਂ ਨੂੰ ਰੁਜ਼ਗਾਰ ਦਾ ਮੌਕਾ ਮਿਲਿਆ ਹੈ ਅਤੇ ਇਲਾਕੇ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਰੋਜ਼ਾਨਾ ਦੇਖਭਾਲ ਲਈ ਲੋੜੀਂਦਾ ਸਹਿਯੋਗ ਵਧੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 70 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਖ਼ਾਲੀ ਅਸਾਮੀਆਂ ਭਰਨ ਲਈ ਯਤਨਸ਼ੀਲ ਹੈ ਅਤੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਯੋਗਤਾ ਨੂੰ ਤਰਜੀਹ ਦੇ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਆਧਾਰ ਤੇ ਸਰਕਾਰੀ ਸੇਵਾ ਵਿੱਚ ਆਉਣ ਦਾ ਮੌਕਾ ਮਿਲੇ।
ਗੋਇਲ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਲੋੜੀਂਦਾ ਸਟਾਫ਼ ਤਾਇਨਾਤ ਹੋਣ ਨਾਲ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਵੀ ਬਿਹਤਰ ਹੁੰਦੀਆਂ ਹਨ। ਆਂਗਣਵਾੜੀ ਕੇਂਦਰਾਂ ਵਿੱਚ ਹੈਲਪਰਾਂ ਦਾ ਸਹਿਯੋਗ ਬੱਚਿਆਂ ਨੂੰ ਸਮੇਂ ਸਿਰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ, ਕੇਂਦਰਾਂ ਦੀ ਸਾਫ਼-ਸਫ਼ਾਈ ਬਣਾਈ ਰੱਖਣ ਅਤੇ ਖੇਡਾਂ ਰਾਹੀਂ ਸਿੱਖਣ ਦੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਅਹਿਮ ਹੈ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚੇ ਛੋਟੀ ਉਮਰ ਤੋਂ ਹੀ ਇਕੱਠੇ ਖੇਡਣਾ, ਦੂਜਿਆਂ ਨਾਲ ਮਿਲ ਕੇ ਰਹਿਣਾ ਅਤੇ ਸਾਫ਼-ਸਫ਼ਾਈ ਦੀਆਂ ਆਦਤਾਂ ਅਪਣਾਉਣਾ ਸਿੱਖਦੇ ਹਨ। ਉਨ੍ਹਾਂ ਨੇ ਨਵ-ਨਿਯੁਕਤ ਹੈਲਪਰਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਬੱਚਿਆਂ ਨਾਲ ਪਿਆਰ ਅਤੇ ਧੀਰਜ ਨਾਲ ਪੇਸ਼ ਆਉਣ, ਆਂਗਣਵਾੜੀ ਵਰਕਰਾਂ ਨਾਲ ਤਾਲਮੇਲ ਰੱਖਣ ਅਤੇ ਮਾਪਿਆਂ ਨਾਲ ਨਿਯਮਤ ਸੰਪਰਕ ਬਣਾਈ ਰੱਖਣ, ਤਾਂ ਜੋ ਹਰ ਬੱਚੇ ਦੀਆਂ ਲੋੜਾਂ ਨੂੰ ਸਮਝ ਕੇ ਉਸ ਦੀ ਢੁੱਕਵੀਂ ਦੇਖਭਾਲ ਕੀਤੀ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਨਾਲ ਉਨ੍ਹਾਂ ਦੀ ਆਰਥਿਕ ਖ਼ੁਦਮੁਖ਼ਤਿਆਰੀ ਵਧਦੀ ਹੈ ਅਤੇ ਸਥਾਨਕ ਪੱਧਰ ’ਤੇ ਲੋਕ ਸੇਵਾਵਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਹੈਲਪਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੀਆਂ ਅਤੇ ਆਪਣੇ ਕੰਮ ਰਾਹੀਂ ਬੱਚਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਭਰੋਸਾ ਹਾਸਲ ਕਰਨਗੀਆਂ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ ਅਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਲੜਕੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *