ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ 55 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

पंजाब

ਧੂਰੀ, 13 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ): ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ 55 ਲੱਖ ਰੁਪਏ ਦੀ ਲਾਗਤ ਵਾਲੇ ਦੋ ਸੜਕੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਬੀ.ਐੱਸ.ਐੱਨ.ਐੱਲ. ਰੋਡ ‘ਤੇ ਕਰੀਬ 38.81 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਅਗਰਸੈਨ ਨਗਰ ਦੀ ਮੁੱਖ ਸੜਕ ਦਾ ਨਿਰਮਾਣ ਕਾਰਜ ਵੀ 15.99 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਗਿਆ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਇਲਾਕੇ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਾਪਦੰਡਾਂ ਅਨੁਸਾਰ ਉੱਚ ਗੁਣਵੱਤਾ ਨਾਲ ਅਤੇ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਜਲਦ ਤੋਂ ਜਲਦ ਲਾਭ ਮਿਲ ਸਕੇ।
ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *