ਜਲੰਧਰ: (ਮਨਦੀਪ ਕੌਰ)
ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਜਲੰਧਰ ਸੈਂਟਰਲ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਜਲੰਧਰ ਸੈਂਟਰਲ ਤੋਂ 2027 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਐਲਾਨੇ ਗਏ ਉਮੀਦਵਾਰ ਨਿਤਿਨ ਕੋਹਲੀ ਨੇ ਕੀਤੀ। ਇਸ ਮੀਟਿੰਗ ਵਿੱਚ ਹਲਕੇ ਦੇ ਬਲਾਕ ਪ੍ਰਧਾਨਾਂ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਮਿਸ਼ਨ 2027 ਦੀਆਂ ਤਿਆਰੀਆਂ, ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵਾਰਡ ਪੱਧਰ ’ਤੇ ਸਰਗਰਮੀਆਂ ਤੇਜ਼ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਹਲਕੇ ਦੇ ਵੱਖ-ਵੱਖ ਜਨਤਕ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਰੇ ਅਹੁਦੇਦਾਰਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਅਤੇ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਮੌਜੂਦ ਸੀਨੀਅਰ ਆਗੂਆਂ, ਕੌਂਸਲਰਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਤੋਂ ਉਮੀਦਵਾਰ ਐਲਾਨਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਨਿਤਿਨ ਕੋਹਲੀ ’ਤੇ ਭਰੋਸਾ ਜਤਾਉਣ ਨਾਲ ਹਲਕੇ ਦੇ ਪਾਰਟੀ ਸੰਗਠਨ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਮਿਸ਼ਨ 2027 ਲਈ ਕੰਮ ਕਰਨਗੇ।
ਇਸ ਮੌਕੇ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ, “ਮੈਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਜਤਾਉਂਦਿਆਂ ਜਲੰਧਰ ਸੈਂਟਰਲ ਦੀ ਸੇਵਾ ਕਰਨ ਦੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਹ ਸਨਮਾਨ ਸਿਰਫ਼ ਮੇਰਾ ਨਹੀਂ, ਸਗੋਂ ਉਨ੍ਹਾਂ ਸਾਰੇ ਵਰਕਰਾਂ ਅਤੇ ਸਾਥੀਆਂ ਦਾ ਹੈ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਵਿੱਚ ਰਹਿ ਕੇ ਪਾਰਟੀ ਲਈ ਮਿਹਨਤ ਕੀਤੀ ਹੈ।”
ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉੱਥੇ ਹੀ ਅਰਵਿੰਦ ਕੇਜਰੀਵਾਲ ਜੀ ਦੀ ਸੋਚ ਨੇ ਆਮ ਆਦਮੀ ਦੇ ਮੁੱਦਿਆਂ ਨੂੰ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਕੰਮ ਕੀਤਾ ਹੈ। ਸਾਡੀ ਕੋਸ਼ਿਸ਼ ਰਹੇਗੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚੇ।”
2027 ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ, “ਜਲੰਧਰ ਸੈਂਟਰਲ ਦੇ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਮਰਥਨ ਸਾਡੀ ਸਭ ਤੋਂ ਵੱਡੀ ਤਾਕਤ ਹੈ। ਸਾਨੂੰ ਪੂਰਾ ਭਰੋਸਾ ਹੈ ਕਿ ਲੋਕ ਸਾਡੇ ਨਾਲ ਹਨ। ਪਾਰਟੀ ਦੇ ਸਾਰੇ ਆਗੂਆਂ, ਅਹੁਦੇਦਾਰਾਂ ਅਤੇ ਸਮਰਪਿਤ ਵਰਕਰਾਂ ਦੇ ਸਹਿਯੋਗ ਨਾਲ ਅਸੀਂ ਹਰ ਵਾਰਡ ਅਤੇ ਹਰ ਘਰ ਤੱਕ ਪਹੁੰਚ ਕਰਾਂਗੇ। ਸਾਡਾ ਟੀਚਾ ਜਲੰਧਰ ਸੈਂਟਰਲ ਤੋਂ ਵੱਡੇ ਫਰਕ ਨਾਲ ਜਿੱਤ ਦਰਜ ਕਰਨਾ ਹੈ। ਇਸ ਮਕਸਦ ਲਈ ਅਸੀਂ ਪੂਰੀ ਮਿਹਨਤ, ਇਕਜੁੱਟਤਾ ਅਤੇ ਸਮਰਪਣ ਨਾਲ ਕੰਮ ਕਰਾਂਗੇ।”
ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਸਾਰੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਸ਼ਨ 2027 ਸਿਰਫ਼ ਚੋਣਾਂ ਜਿੱਤਣ ਦਾ ਟੀਚਾ ਨਹੀਂ, ਸਗੋਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਜ਼ਿੰਮੇਵਾਰੀ ਵੀ ਹੈ।
ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ, ਮਨਮੋਹਨ ਸਿੰਘ ਰਾਜੂ, ਜਗਦੀਸ਼ ਰਾਜ ਰਾਜਾ, ਸ਼ਿਵਮ ਸ਼ਰਮਾ, ਵਿੱਕੀ ਤੁਲਸੀ, ਅਮਰਦੀਪ ਕੀਨੂ, ਲਗਨਦੀਪ, ਪਰਵੀਨ ਪਹਿਲਵਾਨ, ਤ੍ਰਿਲੋਕ ਸਿੰਘ ਸਰਨ, ਅਜੇ ਚੋਪੜਾ, ਨਰੇਸ਼ ਸ਼ਰਮਾ, ਰਾਜੇਸ਼ ਬਾਬਰ, ਜਸਵਿੰਦਰ ਸਿੰਘ ਬਿੱਲਾ, ਲਵ ਰੌਬਿਨ, ਨਿਖਿਲ ਅਰੋੜਾ, ਗੁਰਪ੍ਰੀਤ ਕੌਰ, ਵਿਜੇ ਵਾਸਨ, ਜਤਿਨ ਗੁਲਾਟੀ, ਰਾਜੀਵ ਗਿੱਲ, ਸਮੀਰ ਮਰਵਾਹਾ, ਮਨੀਸ਼ ਸ਼ਰਮਾ ਅਤੇ ਸੁਭਾਸ਼ ਸ਼ਰਮਾ ਸਮੇਤ ਹੋਰ ਪਾਰਟੀ ਆਗੂ ਅਤੇ ਅਹੁਦੇਦਾਰ ਮੌਜੂਦ ਸਨ।

