ਧੂਰੀ, 22 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਪੀਸੀਐਸ ਪ੍ਰੀਖਿਆ ਵਿੱਚ ਕਥਿਤ ਘਪਲੇ ਦੇ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਪੁਲਿਸ ਵੱਲੋਂ ਕੀਤੀ ਗਈ ਪਟਿਆਲਾ ਵਿਖੇ ਗ੍ਰਿਫ਼ਤਾਰੀ ਨੂੰ ਲੈ ਕੇ ਉਨ੍ਹਾਂ ਦੀ ਮਾਤਾ ਸੋਨੀਆ ਸ਼ਰਮਾ ਅਤੇ ਪਿਤਾ ਰਵੀ ਭੂਸ਼ਣ ਸਮੇਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਸ਼ੁਭਮ ਸ਼ਰਮਾ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੀਸੀਐਸ ਪ੍ਰੀਖਿਆ ਵਿੱਚ ਕਥਿਤ ਘਪਲੇ ਸਬੰਧੀ ਨੌਜਵਾਨਾਂ ਦੇ ਹੱਕ ਵਿੱਚ ਆਵਾਜ਼ ਉਠਾਉਣਾ ਕੋਈ ਗੁਨਾਹ ਨਹੀਂ ਹੈ। ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮਾਮਲੇ ਤੇ ਸਵਾਲ ਉਠਾਉਣ ਵਾਲੇ ਆਗੂ ਨੂੰ ਗ੍ਰਿਫ਼ਤਾਰ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਵੀ ਰੋਸ ਪਾਇਆ ਜਾ ਰਿਹਾ ਹੈ। ਧੂਰੀ ਸਿਟੀ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਪੋਸਟਰ ਰਾਹੀਂ ਵੀ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਵਾਈ ਤੇ ਸਵਾਲ ਉਠਾਉਂਦਿਆਂ ਸ਼ੁਭਮ ਸ਼ਰਮਾ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਕਾਂਗਰਸੀ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਤੰਤਰੀ ਢੰਗ ਨਾਲ ਵਿਰੋਧ ਪ੍ਰਗਟਾਉਣ ਦੇ ਅਧਿਕਾਰ ਦਾ ਸਨਮਾਨ ਕਰਦਿਆਂ ਸ਼ੁਭਮ ਸ਼ਰਮਾ ਨੂੰ ਜਲਦ ਰਿਹਾਅ ਕੀਤਾ ਜਾਵੇ। ਲਖਵੀਰ ਸਿੰਘ ਬਲਾਕ ਪ੍ਰਧਾਨ, ਲਖਬੀਰ ਸ਼ਰਮਾ ਸਾਬਕਾ ਸਰਪੰਚ, ਜਰਨੈਲ ਸਿੰਘ ਜਿਲਾ ਪ੍ਰਧਾਨ ਕਾਂਗਰਸ ਸੇਵਾ ਦਲ, ਬਲਿੰਦਰ ਸ਼ਰਮਾ, ਨਰੇਸ਼ ਕੁਮਾਰ ਕਾਲਾ, ਰਾਜਿੰਦਰ ਵਰਮਾ ਮਹਿਲਾ ਵਗ ਪ੍ਰਧਾਨ, ਬਲਵੀਰ ਸ਼ਰਮਾ, ਗੁਰਮੀਤ ਸਿੰਘ, ਅਛਰਾ ਸਿੰਘ ਭਲਵਾਨ, ਸਤੀਸ਼ ਕੁਮਾਰ ਜਿੰਦਲ ਬਲਾਕ ਪ੍ਰਧਾਨ, ਰਜਿੰਦਰ ਸ਼ਰਮਾ ਕਾਕਾ ਬਲਾਕ ਪ੍ਰਧਾਨ ਸੇਵਾ ਦਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰ ਸ਼ਾਮਿਲ ਸਨ।

