ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਿਕ ਕਦਮ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਨਹੀਂ ਛੱਡੀ ਜਾ ਰਹੀ ਕੋਈ ਕਸਰ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ 4 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਡੇਰਾ ਬਾਬਾ ਨਾਨਕ, 11 ਅਪ੍ਰੈਲ (ਸੋਨੂੰ, ਰਵਿੰਦਰ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ,ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਮਿਡਲ ਸਕੂਲ ਸਰਫ਼ ਕੋਟ, ਸਰਕਾਰੀ ਪ੍ਰਾਇਮਰੀ ਸਕੂਲ ਸਰਫ਼ ਕੋਟ, ਸਰਕਾਰੀ ਪ੍ਰਾਇਮਰੀ ਸਕੂਲ ਸਮਰਾਏ ਅਤੇ ਸਰਕਾਰੀ ਮਿਡਲ ਸਕੂਲ ਮਾਲੇਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਮਾਰਟ ਕਲਾਸ ਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਾਂ, ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਚ 12 ਫ਼ੀਸਦੀ ਵਾਧਾ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਰ੍ਹੇ ਸਰਕਾਰੀ ਸਕੂਲਾਂ ਦੇ ਲਗਭਗ 200 ਵਿਦਿਆਰਥੀਆਂ ਨੇ ਜੇ.ਈ.ਈ. ਦਾ ਟੈੱਸਟ ਪਾਸ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਪੱਛੜ ਗਏ ਸਨ ਜਿਸ ਨੂੰ ਸੂਬਾ ਸਰਕਾਰ ਵੱਲੋਂ ਮੁੜ ਲੀਹਾਂ ਤੇ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਨਾਲ-ਨਾਲ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਅਧਿਆਪਕਾਂ ਦੀ ਪੱਕੀ ਭਰਤੀ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬਧ ਹਨ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ।
—