ਡਾ. ਭੀਮ ਰਾਓ ਅੰਬੇਦਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

पंजाब राजनीति शिक्षा

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਡਾ. ਭੀਮ ਰਾਓ ਅੰਬੇਦਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਡਾ. ਭੀਮ ਰਾਓ ਅੰਬੇਦਕਰ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਹਰ ਵਿਅਕਤੀ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 14 ਅਪ੍ਰੈਲ (ਸੋਨੂੰ, ਰਵਿੰਦਰ) – ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਪੀ.ਸੀ.ਐੱਸ. ਅਧਿਕਾਰੀ ਰੁਪਿੰਦਰਪਾਲ ਸਿੰਘ, ਸੁਪਰਡੈਂਟ ਵਿਜੇ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਬਾਬਾ ਸਾਹਿਬ ਦੇ ਬੁੱਤ ਉੱਪਰ ਸ਼ਰਧਾ-ਸੁਮਨ ਭੇਟ ਕੀਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਜੀ ਦੀ 134ਵੀਂ ਜਯੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਇੱਕ ਸਾਧਾਰਣ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦਾ ਸਾਹਮਣਾ ਕੀਤਾ ਪਰ ਇਸ ਦੇ ਬਾਵਜੂਦ ਉਹ ਆਪਣੀ ਲਿਆਕਤ ਅਤੇ ਲਗਨ ਸਦਕਾ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਸਤਿਕਾਰੇ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਉਹ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ।

ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ ਕਿਹਾ ਕਿ ਪੂਰੇ ਭਾਰਤ ਨੂੰ ਡਾ. ਭੀਮ ਰਾਓ ਅੰਬੇਦਕਰ ਜੀ `ਤੇ ਮਾਣ ਹੈ ਅਤੇ ਸਾਨੂੰ ਸਭ ਨੂੰ ਉਨ੍ਹਾਂ ਦੇ ਨਕਸ਼ੇ ਕਦਮ `ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਦਕਰ ਜੀ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਤਿਆਰ ਕੀਤੇ ਸੰਵਿਧਾਨ ਵਿੱਚ ਜਿੱਥੇ ਸਾਨੂੰ ਮੌਲਿਕ ਅਧਿਕਾਰ ਦਿੱਤੇ ਗਏ ਹਨ ਓਥੇ ਸਾਡੇ ਕੁਝ ਫ਼ਰਜ਼ ਵੀ ਤਹਿ ਕੀਤੇ ਗਏ ਹਨ ਅਤੇ ਹਰ ਭਾਰਤੀ ਨੂੰ ਆਪਣੇ ਫ਼ਰਜ਼ਾਂ ਦੀ ਅਦਾਇਗੀ ਵੀ ਜ਼ਰੂਰ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *