ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

पंजाब

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ‘ਚ ਪ੍ਰਬੰਧ ਮੁਕੰਮਲ

ਜ਼ਿਲ੍ਹੇ ਵਿੱਚ 92 ਮੰਡੀਆਂ ਤੋਂ ਇਲਾਵਾ 2 ਆਰਜ਼ੀ ਖ਼ਰੀਦ ਕੇਂਦਰ ਕੀਤੇ ਸਥਾਪਿਤ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ – ਡੀ ਸੀ

ਗੁਰਦਾਸਪੁਰ, 15 ਅਪ੍ਰੈਲ ( ਸੋਨੂੰ,ਰਵਿੰਦਰ) – ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਸੀਜ਼ਨ ਦੌਰਾਨ ਪਿੰਡ ਬਾਹੀਆਂ ਦੇ ਕਿਸਾਨ ਹਰਵੰਤ ਸਿੰਘ ਸਭ ਤੋਂ ਪਹਿਲਾਂ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਫ਼ਸਲ ਵੇਚਣ ਲੈ ਕੇ ਆਏ ਸਨ ਅਤੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਉਸ ਦੀ ਕਣਕ ਦੀ ਫ਼ਸਲ ਨੂੰ ਖ਼ਰੀਦਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨ ਹਰਵੰਤ ਸਿੰਘ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਕਿਸਾਨ ਨੂੰ 24 ਘੰਟੇ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ‌ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਕਣਕ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਖ਼ਰੀਦ ਕੇ 24 ਘੰਟੇ ਦੇ ਅੰਦਰ ਉਨ੍ਹਾਂ ਨੂੰ ਅਦਾਇਗੀ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6.68 ਲੱਖ ਐੱਮ.ਟੀ. ਕਣਕ ਦੀ ਫ਼ਸਲ ਆਉਣ ਦੀ ਸੰਭਾਵਨਾ ਹੈ ਅਤੇ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖ਼ਰੀਦ ਸਬੰਧੀ ਹੋਰ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਸਫ਼ਾਈ. ਬਿਜਲੀ, ਪਾਣੀ, ਛਾਂ, ਬਾਥਰੂਮ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਦੀ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ ਹੈ।

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਸ. ਜਸਪਾਲ ਸਿੰਘ, ਸੈਕਟਰੀ ਮਾਰਕਿਟ ਕਮੇਟੀ ਗੁਰਦਾਸਪੁਰ ਸ੍ਰੀ ਵਿਜੇ ਕੁਮਾਰ, ਏ.ਐੱਫ.ਐੱਸ.ਓ. ਸ. ਕਮਲਜੀਤ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *