ਸ਼ਮਸ਼ੇਰ ਸਿੰਘ ਨੇ ਸਾਥੀਆਂ ਸਮੇਤ ਹੜ੍ਹ ਪ੍ਰਭਾਵਿਤ ਪਿੰਡ ਸ਼ਮਸ਼ੇਰਪੁਰ ਵਿਖੇ ਚਲਾਇਆ ਸਫ਼ਾਈ ਅਭਿਆਨ
ਪੰਜਾਬ ਸਰਕਾਰ ਵੱਲੋਂ ਹਰ ਹੜ੍ਹ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜ਼ਾ – ਸ਼ਮਸ਼ੇਰ ਸਿੰਘ
ਫ਼ਸਲਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਸ਼ੁਰੂ, ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਹੋਵੇਗੀ ਪੂਰੀ – ਸ਼ਮਸ਼ੇਰ ਸਿੰਘ
ਦੀਨਾਨਗਰ/ਗੁਰਦਾਸਪੁਰ, 14 ਸਤੰਬਰ ( ਸੋਨੂੰ, ਰਵਿੰਦਰ) – ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਗ੍ਰਾਂਮ ਪੰਚਾਇਤਾਂ ਦੇ ਵਿਸ਼ੇਸ਼ ਇਜਲਾਸ ਕਰਕੇ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਇਨ੍ਹਾਂ ਨਿਗਰਾਨ ਕਮੇਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।
ਵਿਧਾਨ ਸਭਾ ਹਲਕਾ ਦੀਨਾਨਗਰ ਜਿਸ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਉਨ੍ਹਾਂ ਪਿੰਡਾਂ ਵਿੱਚ ਵੀ ਸਰਕਾਰ ਵੱਲੋਂ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ। ਉੱਘੇ ਆਗੂ ਸ਼ਮਸ਼ੇਰ ਸਿੰਘ ਦੀਨਾਨਗਰ ਵੱਲੋਂ ਅੱਜ ਆਪਣੇ ਸਾਥੀਆਂ ਦੇ ਨਾਲ ਹੜ੍ਹ ਪ੍ਰਭਾਵਿਤ ਪਿੰਡ ਸ਼ਮਸੇਰਪੁਰ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਸਫ਼ਾਈ ਅਭਿਆਨ ਤਹਿਤ ਪਿੰਡ ਵਿੱਚ ਹੜ੍ਹਾਂ ਕਾਰਨ ਆਈ ਗਾਰ ਨੂੰ ਸਾਫ਼ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ 13 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਸਮੁੱਚੀ ਪ੍ਰਕਿਰਿਆ 45 ਦਿਨਾਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਫ਼ਸਲ 100 ਫ਼ੀਸਦੀ ਬਰਬਾਦ ਹੋ ਗਈ ਹੈ, ਉੱਥੇ ਇਹ ਪ੍ਰਕਿਰਿਆ ਸਿਰਫ਼ ਇਕ ਮਹੀਨੇ ਵਿੱਚ ਪੂਰੀ ਕਰ ਲਈ ਜਾਵੇਗੀ ਅਤੇ ਤੁਰੰਤ ਬਾਅਦ ਚੈੱਕ ਸੌਂਪਣੇ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਪੂਰਾ ਘਰ ਢਹਿ ਗਿਆ ਹੈ, ਉਨ੍ਹਾਂ ਨੂੰ 1,20,000 ਰੁਪਏ ਮਿਲਣਗੇ ਅਤੇ ਜਿਨ੍ਹਾਂ ਨੂੰ ਘੱਟ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ 40,000 ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਘਰਾਂ ਦੇ ਘੱਟ ਨੁਕਸਾਨ ਲਈ ਸਿਰਫ਼ 6,800 ਰੁਪਏ ਮੁਆਵਜ਼ਾ ਦਿੰਦੀਆਂ ਸਨ, ਪਰ ਹੁਣ ਇਹ ਰਕਮ ਵਧਾ ਕੇ 40,000 ਰੁਪਏ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਜਿਨ੍ਹਾਂ ਲੋਕਾਂ ਦੇ ਪਸੂ ਹੜ੍ਹਾਂ ਵਿੱਚ ਵਹਿ ਗਏ ਸਨ ਜਾਂ ਮਰ ਗਏ ਸਨ, ਉਨ੍ਹਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।