ਫ਼ਿਰੋਜ਼ਪੁਰ, ਅਗਸਤ:(ਜਸਪਾਲ)
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ ਵੱਲੋਂ ਮਿਤੀ 27 ਜੁਲਾਈ ਤੋਂ 3 ਅਗਸਤ 2026 ਤੱਕ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਸੰਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਸਿਖਲਾਈ ਵਿੱਚ ਪਿੰਡੇ ਲੱਲੇ, ਬਲਾਕ ਘੱਲ ਖੁਰਦ ਦੇ 25 ਕਿਸਾਨਾਂ ਨੇ ਭਾਗ ਲਿਆ। ਇਸ ਕੋਰਸ ਦਾ ਮੁੱਖ ਉਦੇਸ਼ ਫ਼ਸਲੀ ਰਹਿੰਦ-ਖੂੰਹਦ ਦੀ ਵਿਗਿਆਨਕ ਤਰੀਕੇ ਸੰਭਾਲ, ਮਿੱਟੀ ਦੀ ਸਿਹਤ ਵੱ ਸੁਧਾਰ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨਾ ਸੀ। ਸਿਖਲਾਈ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਡਾ. ਗੁਰਮੇਲ ਸਿੰਘ ਸੰਧੂ, ਡਿਪਟੀ ਡਾਇਰੈਕਟਰ, ਕੇਵੀਕੇ ਫਿਰੋਜ਼ਪੁਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵਿਗਿਆਨਕ ਢੰਗ ਨਾਲ ਖੇਤ ਵਿੱਚ ਹੀ ਸੰਭਾਲ ਹੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ, ਜੈਵਿਕ ਮਾਦੇ ਵਿੱਚ ਵਾਧਾ ਕਰਨ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ ਮਨਜੀਤ ਕੌਰ (ਭੂਮੀ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਖੇਤ ਵਿੱਚ ਹੀ ਸੰਭਾਲਣ ਦੇ ਫਾਇਦੇ, ਮਿੱਟੀ ਦੀ ਸਿਹਤ, ਜੈਵਿਕ ਮਾਦੇ ਵਿੱਚ ਵਾਧਾ ਅਤੇ ਸੰਤੁਲਿਤ ਪੌਸ਼ਟਿਕ ਤੱਤ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ ਅਤੇ ਹੋਰ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਸਹੀ ਵਰਤੋਂ ਅਤੇ ਰੱਖ-ਰਖਾਅ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਨਾਲ ਮਿੱਟੀ ਦੀ ਨਮੀ ਅਤੇ ਉਪਜਾਊ ਸ਼ਕਤੀ ਬਣੀ ਰਹਿੰਦੀ ਹੈ ਅਤੇ ਖੇਤੀ ਦੀ ਲਾਗਤ ਵਿੱਚ ਵੀ ਕਮੀ ਆਉਂਦੀ ਹੈ।
ਡਾ. ਹਰਵਿੰਦਰ ਸਿੰਘ ਬੁੱਟਰ (ਪੌਦਾ ਸੁਰੱਖਿਆ) ਨੇ ਪਰਾਲੀ ਪ੍ਰਬੰਧਨ ਨਾਲ ਕੀੜਿਆਂ ਅਤੇ ਬਿਮਾਰੀਆਂ ਦੇ ਆਪਸੀ ਸੰਬੰਧ, ਏਕੀਕ੍ਰਿਤ ਕੀਟ ਅਤੇ ਰੋਗ ਪ੍ਰਬੰਧਨ ਅਤੇ ਵਾਤਾਵਰਣ ਪੱਖੀ ਪੌਦਾ ਸੁਰੱਖਿਆ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।
ਸਿਖਲਾਈ ਦੌਰਾਨ ਡਾ. ਭੱਲਣ ਸਿੰਘ ਸੇਖੋਂ (ਸਬਜ਼ੀ ਵਿਗਿਆਨ) ਨੇ ਫਸਲੀ ਰਹਿੰਦ-ਖੂੰਹਦ ਦੀ ਵਰਤੋਂ ਸਬਜ਼ੀਆਂ ਅਤੇ ਫਲਾਂ ਵਿੱਚ ਮਲਚਿੰਗ, ਖੁੰਬਾਂ ਲਈ ਕੰਪੋਸਟ ਤਿਆਰ ਕਰਨ ਅਤੇ ਸਬਜ਼ੀਆਂ ਦੀਆਂ ਸਿਫਾਰਸ਼ ਕਿਸਮਾਂ ਸਬੰਧੀ ਜਾਣਕਾਰੀ ਦਿੱਤੀ।
ਡਾ. ਦਿਵਿਆ ਜੈਨ (ਗ੍ਰਹਿ ਵਿਗਿਆਨ) ਨੇ ਕਿਸਾਨਾਂ ਨੂੰ ਸਿਹਤ ਸੰਬੰਧੀ ਅਤੇ ਖੇਤੀ ਵਿੱਚ ਪਰਿਵਾਰ ਦੀ ਭੂਮਿਕਾ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਸਿਖਲਾਈ ਦੇ ਅੰਤ ਵਿੱਚ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਮਾਹਿਰਾਂ ਨੇ ਕਿਸਾਨਾਂ ਦੀਆਂ ਖੇਤੀ ਸੰਬੰਧੀ ਸਮੱਸਿਆਵਾਂ ਦੇ ਵਿਗਿਆਨਕ ਹੱਲ ਸੁਝਾਏ। ਕਿਸਾਨਾਂ ਨੇ ਕੇਵੀਕੇ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਇਸ ਸਿਖਲਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾਉਣਗੇ।

