ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ‘ਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਵੀ.ਓਜ਼ ਦਾ ਸਨਮਾਨ

पंजाब

ਵਿਸ਼ੇਸ਼ ਕਾਰਜ ਅਫ਼ਸਰ ਵਲੋਂ ਵੈਰੀਫਿਕੇਸ਼ਨ ਦਾ ਕੰਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੀ ਅਪੀਲ

ਹੁਸ਼ਿਆਰਪੁਰ, 21 ਸਤੰਬਰ : ਪੰਜਾਬ ਸਰਕਾਰ ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਤਹਿਤ ਚੱਲ ਰਹੀ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਬਹੁਤ ਵਧੀਆ ਢੰਗ ਨਾਲ ਕਰਨ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਸ਼ਿਆਰਪੁਰ ਸਬ-ਡਵੀਜਨ ਦੇ ਪੰਜ ਵੈਰੀਫਿਕੇਸ਼ਨ ਅਧਿਕਾਰੀਆਂ ਨੂੰ ਸ਼ਲਾਘਾ ਪੱਤਰ ਅਤੇ ਸਨਮਾਨ ਚਿੰਨ੍ਹ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਪੰਜ ਵੈਰੀਫਿਕੇਸ਼ਨ ਅਧਿਕਾਰੀਆਂ ਨੂੰ ਸ਼ਲਾਘਾ ਪੱਤਰ ਦਿੰਦਿਆਂ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਵੱਖ-ਵੱਖ ਸਬ-ਡਵੀਜ਼ਨਾਂ ਅੰਦਰ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਨਿਰਧਾਰਤ ਸਮੇਂ ਸਿਰ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵੈਰੀਫਿਕੇਸ਼ਨ ਅਧਿਕਾਰੀਆਂ, ਜਿਨ੍ਹਾਂ ਵਿਚ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਖੀਆ ਸ਼ਾਮਲ ਹਨ, ਵਲੋਂ ਘਰ-ਘਰ ਜਾ ਕੇ ਇਹ ਪ੍ਰਕਿਰਿਆ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਜੋ ਯੋਗ ਬਿਨੈਕਾਰਾਂ ਦੇ ਕਾਰਡ ਬਣ ਸਕਣ। ਉਨ੍ਹਾਂ ਨੇ ਸਾਰੇ ਵੈਰੀਫਿਕੇਸ਼ਨ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਦਿੱਤੇ ਗਏ ਖੇਤਰ ਵਿਚ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾਂ ਨਾਲ ਇਸ ਕਾਰਜ ਨੂੰ ਮਿਥੇ ਸਮੇਂ ਅੰਦਰ ਨੇਪਰੇ ਚਾੜ੍ਹਨ।

ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਦੱਸਿਆ ਕਿ ਗੜ੍ਹਸ਼ੰਕਰ, ਹੁਸ਼ਿਆਰਪੁਰ, ਟਾਂਡਾ, ਦਸੂਹਾ ਅਤੇ ਮੁਕੇਰੀਆਂ ਵਿਖੇ ਵੈਰੀਫਿਕੇਸ਼ਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 1.20 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਵਿਚ 17443 ਗੜ੍ਹਸ਼ੰਕਰ, 48971 ਹੁਸ਼ਿਆਰਪੁਰ, 8353 ਟਾਂਡਾ, 19294 ਦਸੂਹਾ ਅਤੇ 26317 ਮੁਕੇਰੀਆਂ ਵਿਖੇ ਪਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਵੈਰੀਫਿਕੇਸ਼ਨ ਦਾ ਕਾਰਜ ਵਧੀਆ ਢੰਗ ਨਾਲ ਨਿਰਧਾਰਤ ਸਮੇਂ ਵਿਚ ਨੇਪਰੇ ਚਾੜ੍ਹਨ ਨੂੰ ਪੂਰੀ ਤਰਜੀਹ ਦਿੱਤੀ ਜਾ ਰਹੀ ਹੈ।

ਕੈਪਸ਼ਨ: ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਲਈ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲੇ ਵੈਰੀਫਿਕੇਸ਼ਨ ਅਫ਼ਸਰਾਂ ਨੂੰ ਸੋਮਵਾਰ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ।

Leave a Reply

Your email address will not be published. Required fields are marked *