ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ
ਜ਼ਿਲ੍ਹੇ ’ਚ 65 ਰੈਗੂਲਰ ਮੰਡੀਆਂ ’ਚ ਹੋਵੇਗੀ ਖਰੀਦ, ਮਾਰਕਫੈੱਡ, ਪਨਗਰੇਨ, ਪਨਸਪ, ਪੰਜਾਬ ਵੇਅਰ ਹਾਊਸ ਅਤੇ ਐਫ.ਸੀ.ਆਈ. ਕਰੇਗੀ ਖਰੀਦ
ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਕਟਾਈ ਕਰਨ ‘ਤੇ ਰਹੇਗੀ ਪਾਬੰਦੀ
ਹੁਸ਼ਿਆਰਪੁਰ, 23 ਸਤੰਬਰ :ਸੋਨੂੰ
ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹਰ ਪੱਖੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫਸਲ ਨਾਲੋਂ-ਨਾਲ ਖਰੀਦੀ ਜਾ ਸਕੇ।
ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਅੰਦਾਜਨ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ । ਜ਼ਿਕਰਯੋਗ ਹੈ ਕਿ ਇਸ ਸੀਜਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।

