ਸਵੱਛਤਾ ਹੀ ਸੇਵਾ’ ਤਹਿਤ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਹੁਸ਼ਿਆਰਪੁਰ, 30 ਸਤੰਬਰ :ਹਰਵਿੰਦਰ ਸਿੰਘ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਉਨ੍ਹਾਂ ਦੇ ਦਫ਼ਤਰ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਚਲਾਏ ਜਾ ਰਹੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ ਦੇ ਸਿੱਖਿਆਰਥੀਆਂ, ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੇ ਕੰਪਿਊਟਰ ਵਿਦਿਆਰਥੀਆਂ ਅਤੇ ਸਟਾਫ਼ ਰਾਹੀਂ ਦਫ਼ਤਰ ਸਮੇਤ ਬਾਜ਼ਾਰਾਂ ਅਤੇ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਸਫ਼ਾਈ ਮੁਹਿੰਮ ਆਰੰਭ ਕੀਤੀ। ਉਨ੍ਹਾਂ ਆਮ ਲੋਕਾਂ ਨੂੰ ਸਫ਼ਾਈ ਵਿਵਸਥਾ ‘ਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਖੁੱਲ੍ਹੀਆਂ ਥਾਵਾਂ ‘ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਦਾ ਕੂੜਾ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਤ ਡਸਟਬਿਨਾਂ ‘ਚ ਪਾਇਆ ਜਾਵੇ। ਕੂੜੇ ਦੀ ਸਹੀ ਛਾਂਟੀ ਅਤੇ ਨਿਪਟਾਰੇ ਨਾਲ ਹੀ ਸਾਫ਼-ਸੁਥਰਾ ਵਾਤਾਵਰਣ ਅਤੇ ਚੰਗੀ ਸਿਹਤ ਹਾਸਲ ਕੀਤੀ ਜਾ ਸਕਦੀ ਹੈ।

