ਬੈਂਸ ਖੁਰਦ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਪੂਰੀ, ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ
ਹਲਕਾ ਸ਼ਾਮਚੁਰਾਸੀ ’ਚ ਵੱਡੇ ਪੱਧਰ ’ਤੇ ਕਰਵਾਏ ਜਾ ਰਹੇ ਨੇ ਵਿਕਾਸ ਕਾਰਜ: ਡਾ. ਰਵਜੋਤ ਸਿੰਘ
ਹੁਸ਼ਿਆਰਪੁਰ,30 ਸਤੰਬਰ:ਹਰਵਿੰਦਰ ਸਿੰਘ
ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਬੈਂਸ ਖੁਰਦ ਵਿਖੇ ਅੱਜ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਹਰ ਲੋੜੀਂਦੀ ਮੁਢਲੀ ਸਹੂਲਤ ਮਿਲ ਰਹੀ ਹੈ।
ਕੈਬਨਿਟ ਮੰਤਰੀ ਨੇ ਨਵੇਂ ਟਿਊਬਵੈੱਲ ਦੇ ਉਦਘਾਟਨ ਮੌਕੇ ਕਿਹਾ ਕਿ ਪਿੰਡ ਵਾਸੀਆਂ ਦੀ ਚਿਰੋਕਲੀ ਮੰਗ ਸੀ ਕਿ ਟਿਊਬਵੈੱਲ ਲਗਾਇਆ ਜਾਵੇ,ਜਿਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਕਰਕੇ ਪਿੰਡ ਵਾਸੀਆਂ ਲਈ ਸਾਫ ਪਾਣੀ ਪੀਣ ਦੀ ਸਹੂਲਤ ਯਕੀਨੀ ਬਣਾਈ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਜ਼ਮੀਨੀ ਪੱਧਰ ’ਤੇ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪੀਣ ਵਾਲਾ ਪਾਣੀ, ਸੀਵਰੇਜ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਵਲੋਂ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਲੋੜੀਂਦੀ ਅਤੇ ਮਿਆਰੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋਕਾਂ ਵੱਲੋਂ ਆਪਣੇ ਇਲਾਕੇ ਦੀਆਂ ਜਿਹੜੀਆਂ ਵੀ ਜਾਇਜ਼ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਨਵਾਂ ਟਿਊਬਵੈੱਲ ਲਗਾਉਣ ਲਈ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਹੂਲਤ ਮਿਲਣ ਨਾਲ ਪਿੰਡ ਦੇ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਵੱਡੀ ਰਾਹਤ ਮਿਲੇਗੀ।

