ਅਲੀਸ਼ੇਰ ਸੜਕ ਹਾਦਸਾ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ
ਲਹਿਰਾਗਾਗਾ, 19 ਅਕਤੂਬਰ: ( ਵਰਿੰਦਰ ਕੁਮਾਰ ਬਿਊਰੋ ਚੀਫ): ਲਹਿਰਾਗਾਗਾ–ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦੁਖਦਾਈ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਤਮੀ ਪੂਨਮਦੀਪ ਕੌਰ ਅਤੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਨੇ ਮੁਲਾਕਾਤ ਕੀਤੀ। ਦੋਵਾਂ ਅਧਿਕਾਰੀਆਂ ਨੇ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਦੁੱਖ ਦੀ ਇਸ ਘੜੀ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਕੇਸ ਤਿਆਰ ਕਰ ਕੇ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਦੀ ਹਰ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ਸਬੰਧੀ ਲੋੜੀਂਦੀ ਕਾਰਵਾਈ ਅਤੇ ਪੀੜਤਾਂ ਦੀ ਮਦਦ ਨੂੰ ਪਹਿਲ ਦੇ ਆਧਾਰ ’ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਉਹਨਾਂ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦੁੱਖ ਅਸਹਿ ਹੈ ਅਤੇ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਇਹਨਾਂ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪੁਲਿਸ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਆਪਸੀ ਤਾਲਮੇਲ ਨਾਲ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

