ਸੰਗਰੂਰ, 23 ਅਕਤੂਬਰ (ਵਰਿੰਦਰ ਕੁਮਾਰ ਬਿਊਰੋ ਚੀਫ): ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਅਧੀਨ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਰਜਿਸਟਰ, ਵੋਟਰ ਸੂਚੀ ਨੂੰ ਤੁਰੱਟੀ ਮੁਕਤ ਕੀਤਾ ਜਾਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਪਾਸੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 25.10.2026 ਨੂੰ ਲਗਾਇਆ ਜਾਣ ਵਾਲਾ ਸਪੈਸ਼ਲ ਕੈਂਪ ਹੁਣ ਮਿਤੀ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3:00 ਵਜੇ ਤੋਂ ਸ਼ਾਮ ਦੇ 05:00 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਮਿਤੀ 12.10.2026 ਨੂੰ ਅੰਤਿਮ ਪ੍ਰਕਾਸ਼ਿਤ ਹੋਈ ਫੋਟੋ ਵੋਟਰ ਸੂਚੀ ਸਮੇਤ ਆਪਣੇ ਸਬੰਧਤ ਪੋਲਿੰਗ ਬੂਥ ‘ਤੇ ਹਾਜ਼ਰ ਰਹਿਣਗੇ ਤੇ ਵੋਟਰਾਂ ਨੂੰ ਆਪਣੇ ਨਾਮ ਦੀ ਜਾਂਚ ਕਰਨ ਵਿੱਚ ਸਹਾਇਤਾ ਕਰਨਗੇ। ਇਸ ਦੇ ਨਾਲ ਹੀ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝੇ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰਨ ਵਿੱਚ ਸਹਾਇਤਾ ਕਰਨਗੇ ਅਤੇ ਵੇਰਵਿਆਂ ਦੀ ਸੋਧ ਲਈ ਫਾਰਮ ਨੰਬਰ 8 ਭਰਵਾਇਆ ਜਾਵੇਗਾ। ਵੋਟਰ ਦਾ ਨਾਮ ਕੱਟਣ ਸਬੰਧੀ ਇਤਰਾਜ਼ਾਂ ਲਈ ਫਾਰਮ ਨੰਬਰ 7 ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਚੋਣ ਦਫਤਰ ਵਿੱਚ ਅਤੇ ਇਸ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਦੇ ਦਫਤਰਾਂ ਵਿੱਚ 1950 ਟੋਲ ਫਰੀ ਨੰਬਰ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ, ਜਿਹਨਾਂ ਨਾਲ ਆਮ ਨਾਗਰਿਕ ਤਾਲਮੇਲ ਕਰ ਕੇ ਵੋਟਾਂ ਸਬੰਧੀ ਅਤੇ ਮਿਤੀ 24.10.2026 ਸਪੈਸ਼ਲ ਕੈਂਪ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਇਸ ਵਿਸ਼ੇਸ਼ ਸਰਸਰੀ ਸੁਧਾਈ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਅਪਡੇਟ ਕਰਨਾ ਹੈ, ਤਾਂ ਜੋ ਯੋਗ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ ਕੀਤੇ ਜਾ ਸਕਣ ਅਤੇ ਕੋਈ ਵੀ ਯੋਗ ਵੋਟਰ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ।

