ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਅਤੇ ਆਧੁਨਿਕ ਲੈਬ ਤਕਨੀਕਾਂ ਬਾਰੇ ਜਾਗਰੂਕਤਾ ਸਾਂਝੀ ਕੀਤੀ

पंजाब

ਸਿਵਲ ਹਸਪਤਾਲ ਧੂਰੀ ਦੇ ਐੱਸ.ਐੱਮ.ਓ. ਡਾ. ਸੰਜੀਵ ਅਰੋੜਾ ਨੇ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣ ਦੀ ਕੀਤੀ ਅਪੀਲ

ਧੂਰੀ, 23 ਅਕਤੂਬਰ ( ਵਰਿੰਦਰ ਕੁਮਾਰ ਵੀਰੋ ਚੀਫ ): ਸਿਵਲ ਹਸਪਤਾਲ ਧੂਰੀ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਡਾ. ਸੰਜੀਵ ਅਰੋੜਾ ਵੱਲੋਂ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਅਤੇ ਸੁਚੱਜੀ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਰਾਸ਼ਟਰੀ ਪੱਧਰ ਦੀ ਸੀਨੀਅਰ ਮਾਈਕ੍ਰੋਬਾਇਓਲੋਜਿਸਟ ਡਾ. ਉਪਾਸਨਾ ਦੀ ਲਿਖੀ ਪ੍ਰੈਕਟੀਕਲ ਮੈਨੂਅਲ ਦੇ ਮਾਰਗਦਰਸ਼ਨ ਅਤੇ ਸਹਿਯੋਗ ਨਾਲ ਲੈਬਾਰਟਰੀ ਵਿੱਚ ਆਧੁਨਿਕ ਤਕਨੀਕਾਂ ਅਪਣਾਉਣ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਸੰਜੀਵ ਅਰੋੜਾ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਹਮੇਸ਼ਾ ਡਾਕਟਰ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ। ਇਨ੍ਹਾਂ ਦਵਾਈਆਂ ਦੀ ਬੇਲੋੜੀ ਜਾਂ ਗਲਤ ਵਰਤੋਂ ਕਾਰਨ ਐਂਟੀਮਾਈਕ੍ਰੋਬੀਅਲ ਰੈਜ਼ਿਸਟੈਂਸ (ਏ.ਐੱਮ.ਆਰ.) ਦੀ ਗੰਭੀਰ ਸਮੱਸਿਆ ਪੈਦਾ ਹੋ ਸਕਦੀ ਹੈ। ਇਸ ਸਥਿਤੀ ਵਿੱਚ ਬੈਕਟੀਰੀਆ ਅਤੇ ਹੋਰ ਰੋਗਾਣੂਆਂ ’ਤੇ ਦਵਾਈਆਂ ਦਾ ਅਸਰ ਘੱਟ ਹੋਣ ਲੱਗਦਾ ਹੈ, ਜਿਸ ਕਾਰਨ ਬਿਮਾਰੀਆਂ ਦਾ ਇਲਾਜ ਕਰਨਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਡਾਕਟਰੀ ਸਲਾਹ ਤੋਂ ਐਂਟੀਬਾਇਓਟਿਕ ਦਵਾਈਆਂ ਨਾ ਲੈਣ ਅਤੇ ਦਵਾਈਆਂ ਦੀ ਵਰਤੋਂ ਬਾਰੇ ਡਾਕਟਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।
ਇਸ ਮੌਕੇ ਡਾ. ਉਪਾਸਨਾ ਵੱਲੋਂ ਲਿਖੀ ਪ੍ਰੈਕਟੀਕਲ ਮੈਨੂਅਲ ਦੇ ਹਵਾਲੇ ਨਾਲ ਆਧੁਨਿਕ ਲੈਬਾਰਟਰੀ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ ਗਈ। ਦੱਸਿਆ ਗਿਆ ਕਿ ਨਵੀਆਂ ਅਤੇ ਵਿਗਿਆਨਕ ਤਕਨੀਕਾਂ ਨੂੰ ਅਪਣਾਉਣ ਨਾਲ ਬਿਮਾਰੀਆਂ ਦੀ ਸਹੀ ਪਛਾਣ ਕਰਨ, ਜਾਂਚ ਦੇ ਨਤੀਜਿਆਂ ਦੀ ਭਰੋਸੇਯੋਗਤਾ ਵਧਾਉਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ, ਲੈਬਾਰਟਰੀ ਜਾਂਚ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਅਤੇ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਡਾ. ਸੁਖਪਾਲ ਕੌਰ, ਪੈਥੋਲੋਜਿਸਟ, ਡਾ. ਸਮੀਨ ਜ਼ਾਹਿਰਾ, ਨੋਡਲ ਅਫ਼ਸਰ ਅਤੇ ਪ੍ਰਦੀਪ, ਲੈਬ ਟੈਕਨੀਸ਼ੀਅਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *