ਮੋਗਾ ਰੈਲੀ ਕਾਰਨ ਬੱਸਾਂ ਦੀ ਕਮੀ ਨਾਲ ਆਮ ਲੋਕਾਂ ਨੂੰ ਹੋਈ ਭਾਰੀ ਪਰੇਸ਼ਾਨੀ : ਸਿਮਰਨਪ੍ਰੀਤ ਕੌਰ

पंजाब

ਧੂਰੀ, 27 ਨਵੰਬਰ (ਵਰਿੰਦਰ ਕੁਮਾਰ ਬਿਊਰੋ ਚੀਫ ): ਪੰਜਾਬ ਸਰਕਾਰ ਵੱਲੋਂ ਮੋਗਾ ਵਿਖੇ ਕੀਤੀ ਗਈ ਰੈਲੀ ਦੌਰਾਨ ਬੱਸਾਂ ਦੀ ਵਰਤੋਂ ਰੈਲੀ ਵਿੱਚ ਲੋਕਾਂ ਨੂੰ ਲਿਜਾਣ ਲਈ ਕੀਤੇ ਜਾਣ ਕਾਰਨ ਆਮ ਸਵਾਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਸਬੰਧੀ ਸਿਮਰਨਪ੍ਰੀਤ ਕੌਰ, ਸ਼ਹਿਰੀ ਇਸਤਰੀ ਯੂਥ ਵਿੰਗ ਸਰਕਲ ਪ੍ਰਧਾਨ ਧੂਰੀ ਨੇ ਕਿਹਾ ਕਿ ਰੈਲੀ ਕਾਰਨ ਬੱਸ ਸੇਵਾ ਪ੍ਰਭਾਵਿਤ ਹੋਣ ਨਾਲ ਬਜ਼ੁਰਗ ਔਰਤਾਂ, ਵਿਦਿਆਰਥੀਆਂ ਅਤੇ ਨੌਕਰੀ ਪੇਸ਼ਾ ਲੋਕਾਂ ਨੂੰ ਮੁਸ਼ਕਲਾਂ ਝੱਲਣੀਆਂ ਪਈਆਂ। ਉਨ੍ਹਾਂ ਦੱਸਿਆ ਕਿ ਕਈ ਸਵਾਰੀਆਂ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਬੱਸ ਅੱਡਿਆਂ ’ਤੇ ਲੰਬੇ ਸਮੇਂ ਤੱਕ ਬੱਸਾਂ ਦੀ ਉਡੀਕ ਕਰਦੀਆਂ ਰਹੀਆਂ, ਪਰ ਜਦੋਂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਬੱਸਾਂ ਨਹੀਂ ਪਹੁੰਚੀਆਂ ਤਾਂ ਪਤਾ ਲੱਗਿਆ ਕਿ ਬੱਸਾਂ ਮੋਗਾ ਵਿਖੇ ਹੋ ਰਹੀ ਸਰਕਾਰ ਦੀ ਰੈਲੀ ਵਿੱਚ ਲੋਕਾਂ ਨੂੰ ਲਿਜਾਣ ਲਈ ਭੇਜੀਆਂ ਗਈਆਂ ਹਨ। ਸਿਮਰਨਪ੍ਰੀਤ ਕੌਰ ਨੇ ਕਿਹਾ ਕਿ ਜਨਤਕ ਆਵਾਜਾਈ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਵਿਦਿਆਰਥੀਆਂ ਨੂੰ ਸਕੂਲਾਂ-ਕਾਲਜਾਂ ਅਤੇ ਨੌਕਰੀ ਪੇਸ਼ਾ ਲੋਕਾਂ ਨੂੰ ਆਪਣੇ ਕੰਮਕਾਜ ਵਾਲੀਆਂ ਥਾਵਾਂ ’ਤੇ ਪਹੁੰਚਣ ਵਿੱਚ ਦਿੱਕਤ ਆਈ। ਇਸ ਤੋਂ ਇਲਾਵਾ ਬਜ਼ੁਰਗ ਔਰਤਾਂ ਅਤੇ ਹੋਰ ਸਵਾਰੀਆਂ ਨੂੰ ਵੀ ਬੇਵਜ੍ਹਾ ਲੰਬਾ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੇ ਸਮਾਗਮਾਂ ਜਾਂ ਰੈਲੀਆਂ ਦੌਰਾਨ ਆਮ ਲੋਕਾਂ ਦੀ ਆਵਾਜਾਈ ਨੂੰ ਧਿਆਨ ਵਿੱਚ ਰੱਖਿਆ ਜਾਵੇ ਅਤੇ ਬੱਸ ਸੇਵਾ ਨੂੰ ਪ੍ਰਭਾਵਿਤ ਹੋਣ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਆਮ ਜਨਤਾ ਨੂੰ ਆਪਣੇ ਰੋਜ਼ਾਨਾ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *