ਧੂਰੀ, 27 ਨਵੰਬਰ ( ਵਰਿੰਦਰ ਕੁਮਾਰ ਬਿਊਰੋ ਚੀਫ ): ਸੜਕ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਅਸੀਂ ਆਪਣੀਆਂ ਕੀਮਤੀ ਜਾਨਾਂ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਸੰਦੇਸ਼ ਰਾਹੀਂ ਟ੍ਰੈਫਿਕ ਇੰਚਾਰਜ ਧੂਰੀ ਸੰਜੇ ਕੁਮਾਰ ਵੱਲੋਂ ਆਮ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈਟ ਦੀ ਵਰਤੋਂ ਜ਼ਰੂਰ ਕਰਨ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣੀ ਯਕੀਨੀ ਬਣਾਉਣ। ਇਸ ਤੋਂ ਇਲਾਵਾ ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ, ਨਿਰਧਾਰਤ ਗਤੀ ਸੀਮਾ ਅੰਦਰ ਵਾਹਨ ਚਲਾਉਣ ਅਤੇ ਸ਼ਰਾਬ ਜਾਂ ਕਿਸੇ ਵੀ ਨਸ਼ੇ ਦੇ ਪ੍ਰਭਾਵ ਹੇਠ ਵਾਹਨ ਨਾ ਚਲਾਉਣ ਦੀ ਸਲਾਹ ਦਿੱਤੀ ਗਈ।
ਸੰਜੇ ਕੁਮਾਰ ਨੇ ਕਿਹਾ ਕਿ ਸੜਕ ਹਾਦਸਿਆਂ ਦਾ ਮੁੱਖ ਕਾਰਨ ਅਕਸਰ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਅਤੇ ਲਾਪਰਵਾਹੀ ਹੁੰਦੀ ਹੈ। ਹਰ ਵਾਹਨ ਚਾਲਕ ਨੂੰ ਆਪਣੀ ਜਾਨ ਦੇ ਨਾਲ-ਨਾਲ ਸੜਕ ਤੇ ਚੱਲਣ ਵਾਲੇ ਹੋਰ ਲੋਕਾਂ ਦੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਮਾਜ ਪ੍ਰਤੀ ਸਾਡਾ ਫਰਜ਼ ਵੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਆਓ, ਸਾਰੇ ਮਿਲ ਕੇ ਧੂਰੀ ਨੂੰ ਸੁਰੱਖਿਅਤ ਅਤੇ ਸੜਕ ਹਾਦਸਿਆਂ ਤੋਂ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ। ਮੇਰੀ ਪੂਰੀ ਟੀਮ ਆਪ ਜੀ ਦੇ ਸਹਿਯੋਗ ਲਈ ਹਮੇਸ਼ਾ ਤਤਪਰ ਹੈ।

