ਡਿਪਟੀ ਕਮਿਸ਼ਨਰ ਵੱਲੋਂ ਐਫ.ਐਲ.ਸੀ. ਹਾਲ ਦਾ ਦੌਰਾ, ਈ.ਵੀ.ਐਮ. ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ ਦਾ ਲਿਆ ਜਾਇਜ਼ਾ
ਸਮੂਹ ਸਿਆਸੀ ਪਾਰਟੀਆਂ ਨੂੰ ਐਫ.ਐਲ.ਸੀ. ਦੌਰਾਨ ਆਪਣੇ ਨੁਮਾਇੰਦੇ ਹਾਜ਼ਰ ਰੱਖਣ ਦੀ ਅਪੀਲ
ਫਿਰੋਜ਼ਪੁਰ, 27 ਨਵੰਬਰ (ਯਸ਼ਪਾਲ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਐਫ.ਐਲ.ਸੀ. ਹਾਲ, ਹਾਊਸਿੰਗ ਬੋਰਡ ਕਲੋਨੀ ਫਿਰੋਜ਼ਪੁਰ ਸ਼ਹਿਰ ਦਾ ਦੌਰਾ ਕਰਕੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਚੱਲ ਰਹੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ.) ਦੇ ਕੰਮ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ 12 ਨਵੰਬਰ ਤੋਂ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਅਧਿਕਾਰਤ ਇੰਜੀਨੀਅਰਾਂ ਵੱਲੋਂ ਪੂਰੀ ਪਾਰਦਰਸ਼ਤਾ ਨਾਲ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਐਫ.ਐਲ.ਸੀ. ਦੇ ਚੱਲ ਰਹੇ ਕੰਮ ਦੌਰਾਨ ਆਪਣੇ ਨੁਮਾਇੰਦੇ ਜ਼ਰੂਰ ਹਾਜ਼ਰ ਰੱਖਣ, ਤਾਂ ਜੋ ਮਸ਼ੀਨਾਂ ਦੀ ਚੈਕਿੰਗ ਦਾ ਸਮੁੱਚਾ ਕੰਮ ਉਨ੍ਹਾਂ ਦੀ ਹਾਜ਼ਰੀ ਵਿੱਚ ਨੇਪਰੇ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨਾਲ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਐਫ.ਐਲ.ਸੀ. ਦੀ ਪ੍ਰਕਿਰਿਆ ਤਹਿਤ 30 ਨਵੰਬਰ ਨੂੰ ਮਸ਼ੀਨਾਂ ਦਾ ਮੌਕ ਪੋਲ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੌਕ ਪੋਲ ਵਾਲੇ ਦਿਨ ਵੀ ਜ਼ਰੂਰ ਹਾਜ਼ਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਮੌਕੇ ‘ਤੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਐਫ.ਐਲ.ਸੀ. ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਚੋਣਾਂ ਸੁਖਦੇਵ ਸਿੰਘ ਵੀ ਹਾਜ਼ਰ ਸਨ।

